ਲੰਮੀ ਜੀਭ ਤੇ ਛੇਤੀ ਮੌਤ
ਜਦ ਕੋਈ ਐਵੇਂ ਵਾਧੂ ਘਾਟੂ ਗੱਲਾਂ ਕਰੀ ਜਾਵੇ ਅਤੇ ਅਜੇਹੇ ਸੁਭਾ ਦੇ ਕਾਰਨ ਦੁਖੀ ਹੋਵੇ ਤਾਂ ਕਹਿੰਦੇ ਹਨ।
ਲਾਜ ਮਰੇਂਦਾ ਅੰਦਰ ਵੜੇ, ਮੂਰਖ ਆਖੇ ਮੈਥੋਂ ਡਰੇ
ਜਦ ਕੋਈ ਕੁਪੱਤਾ ਮੂਰਖ ਆਦਮੀ ਕਿਸੇ ਸਾਊ ਬੰਦੇ ਨੂੰ ਸਤਾਵੇ, ਅਤੇ ਉਹ ਅੱਗੋਂ ਆਪਣੀ ਇੱਜ਼ਤ ਦਾ ਖਿਆਲ ਕਰਕੇ ਚੁੱਪ ਰਹੇ, ਤੇ ਇਹ ਵੇਖ ਕੇ ਮੂਰਖ ਹੋਰ ਵੀ ਮੱਛਰ ਜਾਵੇ, ਤਾਂ ਕਹਿੰਦੇ ਹਨ।
ਲਾਗੀਆਂ ਨੇ ਲਾਗ ਲੈਣਾ ਏ, ਭਾਵੇਂ ਜਾਂਦੀ ਹੀ ਰੰਡੀ ਹੋ ਜਾਵੇ
ਜਿਸ ਨੇ ਮਿਹਨਤ ਕਰਕੇ ਕਿਸੇ ਲਈ ਕੋਈ ਸ਼ੈ ਤਿਆਰ ਕੀਤੀ ਜਾਂ ਲਿਆਂਦੀ ਹੋਵੇ, ਉਹਨੇ ਤਾਂ ਆਪਣੀ ਮਜੂਰੀ ਲੈ ਹੀ ਲੈਣੀ ਹੈ, ਉਹ ਚੀਜ਼ ਮਾਲਕ ਦੇ ਭਾਵੇਂ ਕੰਮ ਆਵੇ ਤੇ ਭਾਵੇਂ ਨਾ ਆਵੇ।
ਲੜੀ ਘਰਦਿਆਂ ਨਾਲ, ਤੇ ਦਾਦੇ ਪਿੱਟੇ ਗੁਆਂਢੀਆਂ ਦੇ (ਡਿੱਗੀ ਖੋਤੇ ਤੋਂ ਤੇ ਗੁੱਸਾ ਘੁਮਿਆਰ ਤੇ)
ਕੋਠੇ ਤੋਂ ਡਿੱਗ ਪਈ ਤੇ ਵਿਹੜੇ ਨਾਲ ਰੁੱਸ ਪਈ।
ਲੜਦਿਆਂ ਦੇ ਪਿੱਛੇ ਤੇ ਭੱਜਦਿਆਂ ਦੇ ਅੱਗੇ
ਜਦ ਇਹ ਦੱਸਣਾ ਹੋਵੇ ਕਿ ਇਹ ਬੰਦਾ ਬੜਾ ਡਰਾਕਲ ਹੈ, ਖਤਰੇ ਦੇ ਨੇੜੇ ਨਹੀਂ ਜਾਂਦਾ, ਤਾਂ ਕਹਿੰਦੇ ਹਨ।
ਲੜਨ ਫ਼ੌਜਾਂ ਨਾਂ ਸਰਦਾਰਾਂ ਦਾ
ਜਦੋਂ ਕੰਮ ਕੋਈ ਹੋਰ ਕਰੇ ਤੇ ਨਾਂ ਕਿਸੇ ਹੋਰ ਦਾ ਹੋਵੇ, ਓਦੋਂ ਵਰਤਿਆ ਜਾਂਦਾ ਹੈ।
ਰੋਗ ਦਾ ਘਰ ਖਾਂਸੀ, ਲੜਾਈ ਦਾ ਘਰ ਹਾਂਸੀ
ਖੰਘ ਤੋਂ ਕਈ ਰੋਗ ਪੈਦਾ ਹੋ ਜਾਂਦੇ ਹਨ, ਤੇ ਹਾਸੇ ਮਖੌਲ ਤੋਂ ਲੜਾਈ।
ਰੋਏ ਬਿਨਾਂ ਤਾਂ ਮਾਂ ਵੀ ਦੁੱਧ ਨਹੀਂ ਦੇਂਦੀ
ਹੀਲਾ, ਉੱਦਮ ਕੀਤੇ ਬਿਨਾਂ ਕੁਝ ਪਰਾਪਤ ਨਹੀਂ ਹੁੰਦਾ, ਆਖਣ ਵੇਖਣ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ।
ਰੁੜ੍ਹਦਾ ਖ਼ਰਬੂਜਾ, ਪਿੱਤਰਾਂ ਦੇ ਨਮਿੱਤ
ਖ਼ਰਾਬ ਹੋਈ ਚੀਜ਼ ਕਿਸੇ ਨੂੰ ਦੇ ਕੇ ਅਹਿਸਾਨ ਕਰਨਾ।
ਵੇਲੇ ਦੀ ਨਮਾਜ਼, ਕੁਵੇਲੇ ਦੀਆਂ ਟੱਕਰਾਂ
ਕੰਮ ਵੇਲੇ ਸਿਰ ਕੀਤਾ ਜਾਵੇ, ਤਾਂ ਹੀ ਠੀਕ ਰਹਿੰਦਾ ਹੈ, ਜਦ ਕੰਮ ਦਾ ਅਸਲੀ ਵੇਲਾ ਲੰਘ ਜਾਵੇ, ਤਾਂ ਮਗਰੋਂ ਵਾਧੂ ਖਪਾ ਹੀ ਹੁੰਦਾ ਹੈ, ਲਾਭ ਨਹੀਂ ਹੁੰਦਾ।