ਲੇਖਾ ਮਾਵਾਂ ਧੀਆਂ ਦਾ, ਟਕਾ ਲੇਖ ਬਖਸ਼ੀਸ਼
ਲੇਖਾ ਕਰਨ ਲੱਗੀਏ ਤਾਂ ਪੂਰਾ ਪੂਰਾ ਕਰੀਏ, ਲੇਖੇ ਵਿਚ ਲਿਹਾਜ਼ ਨਹੀ ਕੀਤਾ ਜਾ ਸਕਦਾ, ਉਂਜ ਦਾਨ ਜਾਂ ਛੱਡ ਜਿੰਨੀ ਦਿਲ ਆਵੇ ਕਰ ਦੇਈਏ।
ਵਿਆਹ ਵਿਚ ਬੀ ਦਾ ਲੇਖਾ
ਜਦ ਕੋਈ ਵੱਡੀ ਜ਼ਰੂਰੀ ਗੱਲ ਹੋ ਰਹੀ ਹੋਵੇ, ਤੇ ਲਾਗੋਂ ਕੋਈ ਜਣਾ ਨਿਕੰਮੀ ਤੇ ਗ਼ੈਰ-ਜ਼ਰੂਰੀ ਜਿਹੀ ਗੱਲ ਛੇੜ ਬੈਠੇ, ਤਾਂ ਕਹਿੰਦੇ ਹਨ।
ਲੈਣ ਦਾ ਸ਼ਾਹ, ਦੇਣ ਦਾ ਦਿਵਾਲੀਆ
ਜਦ ਕੋਈ ਹੋਰਨਾਂ ਪਾਸੋਂ ਸ਼ੈਆਂ ਜਾਂ ਪੈਸੇ ਲੈਣ ਵਿਚ ਤਾ ਬੜਾ ਤੁਰਤ ਫੁਰਤ ਤੇ ਦਲੇਰ ਹੋਵੇ, ਪਰ ਲੈ ਕੇ ਵਾਪਸ ਨਾ ਦੇਵੇ, ਜਾਂ ਕਿਸੇ ਨੂੰ ਕੁਝ ਮੰਗਵਾਂ ਨਾ ਦੇਵੇ, ਤਾਂ ਕਹਿੰਦੇ ਹਨ।
ਵਿਆਹ ਹੋਇਆ ਮਾਨੇ ਦਾ, ਲੂਣ ਲਗਿਆ ਆਨੇ ਦਾ
ਜਦੋਂ ਕੋਈ ਗ਼ਰੀਬੀ ਕਾਰਨ ਵਿਆਹ ਤੇ ਬਹੁਤਾ ਖ਼ਰਚ ਨਾ ਸਕੇ ਤਾਹਨੇ ਵਜੋਂ ਇਹ ਅਖਾਣ ਵਰਤਦੇ ਹਨ।
ਰੁਪਏ ਦੀ ਵਡਿਆਈ, ਆ ਬਹੁ ਭਾਈ
ਧਨ ਵਾਲੇ ਦਾ ਹਰ ਕੋਈ ਆਦਰ ਕਰਦਾ ਹੈ।
ਲੈਣ ਵਿਆਜੀ ਦੇਣ ਹੁਦਾਰੇ, ਉਹਨਾਂ ਦੇ ਕਿਉਂ ਨਾਂ ਰਹਿਣ ਕੁਆਰੇ ?
ਜਿਹੜਾ ਆਪ ਕਰਜ ਲੈ ਕੇ ਹੋਰਨਾਂ ਨੂੰ ਹੁਦਾਰ ਦੇ ਛੱਡੇ, ਉਹ ਗ਼ਰੀਬ ਹੀ ਰਹਿੰਦਾ ਹੈ।
ਵਿਹਲੀ ਜੱਟੀ ਉੱਨ ਵੇਲੇ, ਵਿਹਲੀ ਰੰਨ ਪਰਾਹੁਣਿਆਂ ਜੋਗੀ
ਜਦ ਕੋਈ ਜਣਾ ਵਿਹਲਾ ਹੋਣ ਕਰਕੇ ਐਵੇਂ ਫਜ਼ੂਲ ਜਿਹੇ ਕੰਮ ਕਰ ਰਿਹਾ ਹੋਵੇ, ਤਾਂ ਕਹਿੰਦੇ ਹਨ।
ਰੁੜ੍ਹਦਾ ਖ਼ਰਬੂਜਾ, ਪਿੱਤਰਾਂ ਦੇ ਨਮਿੱਤ
ਖ਼ਰਾਬ ਹੋਈ ਚੀਜ਼ ਕਿਸੇ ਨੂੰ ਦੇ ਕੇ ਅਹਿਸਾਨ ਕਰਨਾ।
ਲੈਣਾ ਇਕ ਨਾ ਦੇਣੇ ਦੋ
ਸਾਡਾ ਇਸ ਮਾਮਲੇ ਨਾਲ ਉੱਕਾ ਹੀ ਕੋਈ ਵਾਸਤਾ ਨਹੀਂ।
ਵੇਲਾ ਨਿਕਲ ਜਾਂਦਾ ਹੈ, ਗੱਲ਼ ਚੇਤੇ ਰਹਿ ਜਾਂਦੀ ਹੈ
ਜਦੋਂ ਕਿਸੇ ਗੋਚਰਾ ਕੋਈ ਕੰਮ ਹੋਵੇ ਤੇ ਉਹ ਅੱਗੋਂ ਨਾਂਹ ਕਰ ਦੇਵੇ, ਤਾਂ ਇਹ ਅਖਾਣ ਵਰਤਦੇ ਹਨ। ਇਹ ਗੱਲ ਸਮਝਾਉਣ ਲਈ ਕਿ ਭਾਈ ਵੇਲਾ ਤਾਂ ਔਖੇ ਸੌਖੇ ਟੱਪ ਹੀ ਜਾਵੇਗਾ, ਪਰ ਤੁਹਾਡੀ ਇਹ ਨਾਂਹ ਜ਼ਰੂਰ ਚੇਤੇ ਰਹੇਗੀ।